ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਕਿਸਾਨ: ਮੁੱਖ ਖੇਤੀਬਾੜੀ ਅਫਸਰ

ਬਰਨਾਲਾ, : ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ। ਇਹ ਅਪੀਲ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਨੇ ਆਖਿਆ ਕਿ ਇਸ ਸਮੇਂ ਇਕ ਪਾਸੇ ਜਿੱਥੇ ਕਰੋਨਾ ਵਾਇਰਸ ਦੀ ਮਾਰ ਹੈ, ਉਥੇ ਦੂਜੇ ਪਾਸੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣਾ ਵੀ ਬੇਹੱਦ ਅਹਿਮ ਹੈ।
ਡਾ. ਬਲਦੇਵ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਕਰਕੇ ਦੂਜੇ ਰਾਜਾਂ ਤੋਂ ਲੇਬਰ ਦੀ ਸਮੱਸਿਆ ਵੀ ਆ ਰਹੀ ਹੈ, ਇਸ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਾਉਣੀ ਦੌਰਾਨ ਝੋਨੇ ਅਤੇ ਮੱਕੀ ਲਈ ਮਸ਼ੀਨਾਂ ‘ਤੇ ਸਬਸਿਡੀ ਵੀ ਦਿੱਤੀ ਜਾਣੀ ਹੈ, ਜਿਸ ਬਾਰੇ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਵੀ ਪ੍ਰਕਾਸ਼ਿਤ ਕੀਤਾ ਗਿਆ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ, ਝੋਨੇ ਦੀ ਪਨੀਰੀ ਲਾਉਣ ਵਾਲੀਆਂ ਮਸ਼ੀਨਾਂ, ਝੋਨੇ ਦੀ ਮਸ਼ੀਨੀ ਲੁਆਈ ਲਈ ਪਨੀਰੀ ਬੀਜਣ ਵਾਲੇ ਉਪਰਕਰਨ, ਮੱਕੀ ਦੇ ਦਾਣਿਆਂ ਨੂੰ ਸੁਕਾਉਣ ਲਈ ਮਸ਼ੀਨਾਂ, ਮੱਕੀ ਥਰੈਸ਼ਰ/ਸ਼ੈਲਰ/ਫੋਰੇਜ਼ ਹਾਰਵੈਸਟਰ/ਮਲਟੀ ਕਰਾਪ ਥਰੈਸ਼ਰ ਆਦਿ ‘ਤੇ ਸਕੀਮ ਤਹਿਤ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਣੀ ਹੈ। ਇਸ ਬਾਰੇ ਕਿਸਾਨ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ ਜਾਂ ਫਿਰ ਆਪਣੇ ਬਲਾਕ ਦੇ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਦਸਤੀ ਵੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ ਤੇ ਝੋਨੇ ਥੱਲੋ ਰਕਬਾ ਘਟਾ ਕੇ ਝੋਨੇ ਦੀ ਸਿੱਧੀ ਬਿਜਾਈ, ਮੱਕੀ ਅਤੇ ਨਰਮੇ ਅਧੀਨ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *