ਫ਼ਤਹਿਗੜ੍ਹ ਸਾਹਿਬ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਅੱਜ ਇੱਥੇ ਸ਼ੁਰੂ ਹੋ ਗਈ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਅਰੰਭ ਹੋਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ | ਸ਼ਹੀਦੀ ਸਭਾ ਦੇ ਪਹਿਲੇ ਦਿਨ ਸਵੇਰ ਤੋਂ ਹੀ ਹਜ਼ਾਰਾਂ ਸ਼ਰਧਾਲੂ ਇਸ ਮਹਾਨ ਧਰਤੀ ‘ਤੇ ਨਤਮਸਤਕ ਹੋਣ ਲਈ ਪਹੁੰਚੇ | ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ‘ਚ ਵਪਾਰਕ ਤੇ ਉਦਯੋਗਿਕ ਪ੍ਰਦਰਸ਼ਨੀ ਤੇ ਕਵੀ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਤੇ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਤੇ ਸੰਗਤ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅਖੰਡ ਪਾਠ ਦੇ ਭੋਗ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 28 ਦਸੰਬਰ ਨੂੰ ਸਵੇਰੇ 9 ਵਜੇ ਨਗਰ ਕੀਰਤਨ ਪ੍ਰਾਰੰਭ ਹੋਵੇਗਾ ਜੋ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਕਰੀਬ ਦੁਪਹਿਰ 1 ਵਜੇ ਪੁੱਜੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ਼ਿਵਦੁਲਾਰ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਕਰਨੈਲ ਸਿੰਘ ਪੰਜੋਲੀ, ਭਾਈ ਰਵਿੰਦਰ ਸਿੰਘ ਖ਼ਾਲਸਾ, ਭਾਈ ਅਵਤਾਰ ਸਿੰਘ ਰਿਆ, ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮਾਰਕਫੈੱਡ ਦੇ ਡਾਇਰੈਕਟਰ ਗੁਰਮੀਤ ਸਿੰਘ ਸੋਨੂੰ ਚੀਮਾ, ਖਮਾਣੋਂ ਦੇ ਐਸ.ਡੀ.ਐਮ. ਪਰਮਜੀਤ ਸਿੰਘ, ਪਰਮਦੀਪ ਸਿੰਘ ਖੱਟੜਾ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਕਥਾ ਵਾਚਕ ਭਾਈ ਅਤਰ ਸਿੰਘ ਦਲੇਰ, ਗੁਰਿੰਦਰਪਾਲ ਸਿੰਘ ਮੈੜਾਂ ਤੇ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਬੱਬਲ ਆਦਿ ਨੇ ਸ਼ਿਰਕਤ ਕੀਤੀ | ਬਾਅਦ ਦੁਪਹਿਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਆਦਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜੇ ਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਸ਼ਹੀਦੀ ਸਭਾ ਮੌਕੇ ਰਾਜਸੀ ਕਾਨਫ਼ਰੰਸਾਂ ਨਾ ਕਰਨ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਕਾਨਫ਼ਰੰਸਾਂ ਨਾ ਕਰਨਾ ਮੀਰੀ-ਪੀਰੀ ਦੇ ਸਿਧਾਂਤਾਂ ਨੂੰ ਤਿਲਾਂਜਲੀ ਦੇਣ ਵਾਲੀ ਗੱਲ ਹੈ, ਕਿਉਂਕਿ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਧਰਮ ਤੇ ਸਿਆਸਤ ਇਕ-ਮਿੱਕ ਹੁੰਦੀ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈ ਕਮਾਨ ਨਾਲ ਗੱਲ ਕਰਕੇ ਅਗਲੇ ਸਾਲ ਤੋਂ ਇਹ ਕਾਨਫ਼ਰੰਸ ਮੁੜ ਸ਼ੁਰੂ ਕਰਵਾਉਣਗੇ | ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ | ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 5ਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨੇ ਦੱਸਿਆ ਕਿ 26 ਦਸੰਬਰ ਤੋਂ 29 ਦਸੰਬਰ ਤੱਕ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ |
ਲੋਕ ਇਨਸਾਫ਼ ਪਾਰਟੀ ਨੇ 3 ਰੋਜ਼ਾ ਸਫ਼ਾਈ ਮੁਹਿੰਮ ਸ਼ੁਰੂ ਕੀਤੀ
ਲੋਕ ਇਨਸਾਫ਼ ਪਾਰਟੀ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਮੁੱਖ ਰੱਖਕੇ ਅੱਜ ਸ਼ੁਰੂ ਹੋਈ ਸ਼ਹੀਦੀ ਸਭਾ ਤੋਂ 28 ਦਸੰਬਰ ਤੱਕ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਸ਼ਰਧਾਲੂਆਂ ਦੀ ਸਹੂਲਤ ਲਈ ਤਿੰਨ ਦਿਨ ਸਫ਼ਾਈ ਮੁਹਿੰਮ ਚਲਾਉਣਗੇ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਵੇ |