ਪੀਐਮ ਮੋਦੀ ਨਾਲ ਮੀਟਿੰਗ ‘ਚ ਜ਼ਿਆਦਾਤਰ ਮੁੱਖ ਮੰਤਰੀ ਲੌਕਡਾਊਨ ਵਧਾਉਣ ‘ਤੇ ਸਹਿਮਤ

ਦੇਸ਼ ‘ਚ ਰੋਜ਼ਾਨਾ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਬੈਠਕ ‘ਚ ਬਹੁਤੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲੌਕਡਾਊਨ ਵਧਾਉਣ ‘ਤੇ ਸਹਿਮਤੀ ਜਤਾਈ ਹੈ।
ਇਸ ਮੀਟਿੰਗ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੌਕਡਾਊਨ ਵਧਾਉਣ ਦੇ ਸੁਝਾਅ ਦਿੱਤੇ ਹਨ। ਕੇਜਰੀਵਾਲ ਨੇ ਕੌਮੀ ਪੱਧਰ ‘ਤੇ ਲੌਕਡਾਊਨ ਜਾਰੀ ਰੱਖਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜ਼ੀ ਨੇ ਕੇਂਦਰ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।
ਕੋਰੋਨਾ ਸੰਕਟ ਦੇ ਮੱਦੇਨਜ਼ਰ ਬੀਤੀ 24 ਮਾਰਚ ਨੂੰ ਦੇਸ਼ ਵਿੱਚ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ। 14 ਅਪ੍ਰੈਲ ਨੂੰ ਦੇਸ਼ ਪੱਧਰੀ ਲੌਕਡਾਊਨ ਦਾ ਆਖਰੀ ਦਿਨ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ।

ਇਸ ਬੈਠਕ ‘ਚ ਪੀਐਮ ਮੋਦੀ ਨੇ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸੂਬਿਆਂ ਤੋਂ ਸੁਝਾਅ ਵੀ ਮੰਗੇ। ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਉਹ ਤੁਹਾਡੇ ਸਾਰਿਆਂ ਲਈ ਹਰ ਸਮੇਂ ਉਪਲੱਬਧ ਹਨ।
ਪੀਐਮ ਮੋਦੀ ਨੇ ਇਸ ਦੌਰਾਨ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਇੱਕ-ਦੂਜੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚੱਲਣਗੀਆਂ ਅਤੇ ਇਕ ਨਿਸ਼ਚਿਤ ਰਣਨੀਤੀ ਦੀ ਪਾਲਣ ਕਰਨਗੀਆਂ। ਅਜਿਹਾ ਕਰਕੇ ਹੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਕੋਰੋਨਾ ਦੀ ਲਾਗ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਸ ਮੀਟਿੰਗ ‘ਚ ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ ਬਾਰੇ ਪ੍ਰੈਜੇਂਟੇਸ਼ਨ ਵੀ ਦਿੱਤੀ।
ਹਾਲਾਂਕਿ ਇਸ ਬੈਠਕ ਤੋਂ ਪਹਿਲਾਂ ਉੜੀਸਾ ‘ਚ 30 ਅਪ੍ਰੈਲ ਅਤੇ ਪੰਜਾਬ ‘ਚ 1 ਮਈ ਤੱਕ ਲੌਕਡਾਊਨ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *