ਬਰਨਾਲਾ : ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਇਸ ਦੇ ਧੂੰਏਂ ਨਾਲ ਕਰੋਨਾ ਵਾਇਰਸ ਨਾਲ ਲੜਨ ਦੀ ਸਮਰੱਥਾ ਘਟ ਜਾਂਦੀ ਹੈ। ਇਸ ਲਈ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਕੀਤਾ।
ਡਿਪਟੀ ਕਮਿਸ਼ਨਰ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭਗਤਪੁਰਾ ਮੌੜ ਦੇ ਕਿਸਾਨ ਨੇ ਆਪਣੇ ਖੇਤਾਂ ਵਿਚ ਨਾੜ ਨੂੰ ਅੱਗ ਲਾਈ ਹੋਈ ਹੈ। ਇਸ ’ਤੇ ਡਿਪਟੀ ਕਮਿਸ਼ਨਰ ਮੌਕੇ ’ਤੇ ਪੁੱਜੇ ਅਤੇ ਕਿਸਾਨ ਨੂੰ ਅਜਿਹਾ ਕਰਨ ਤੋਂ ਵਰਜਿਆ। ਉਨ੍ਹਾਂ ਆਖਿਆ ਕਿ ਜ਼ਿਲ੍ਹੇ ਵਿਚ ਧਾਰਾ 144 ਤਹਿਤ ਕਣਕ ਦਾ ਨਾੜ ਸਾੜਨ ’ਤੇ ਪਾਬੰਦੀ ਲਾਈ ਹੋਈ ਹੈ, ਇਸ ਲਈ ਕੋਈ ਵੀ ਕਿਸਾਨ ਅਜਿਹਾ ਕਦਮ ਨਾ ਚੁੱਕੇ। ਇਸ ਮਗਰੋਂ ਪਿੰਡ ਉਗੋਕੇ ਦੇ ਖੇਤਾਂ ਵਿਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਡਿਪਟੀ ਕਮਿਸ਼ਨਰ ਉਗੋਕੇ ਪੁੱਜੇ ਅਤੇ ਕਿਸਾਨਾਂ ਨੂੰ ਅਜਿਹਾ ਨਾ ਕਰਨ ਵਾਸਤੇ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਪੰਜਾਬ ਸਰਕਾਰ ਵੱਲੋਂ ਜਿੱਥੇ ਪੁਲੀਸ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ, ਉਥੇ ਸਬੰਧਤ ਕਿਸਾਨਾਂ ਨੂੰ ਖੇਤੀ ਸਬਸਿਡੀ ਦੇ ਲਾਭ ਤੋਂ ਵਾਂਝੇ ਹੋਣਾ ਪੈ ਸਕਦਾ ਹੈ। ਇਸ ਲਈ ਕਿਸਾਨ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ।
ਡਿਪਟੀ ਕਮਿਸ਼ਨਰ ਨੇ ਪੁਲੀਸ, ਚੌਕਸੀ ਟੀਮਾਂ, ਖੇਤੀਬਾੜੀ ਵਿਭਾਗ, ਵਲੰਟੀਅਰਾਂ ਤੇ ਜੀਓਜ਼ੀ ਨੂੰ ਅਜਿਹੇ ਮਾਮਲਿਆਂ ’ਤੇ ਨੇੜਿਓਂ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਜਿੱਥੇ ਜ਼ਿਲ੍ਹੇ ਵਿਚ 9 ਕੇਸ ਦਰਜ ਕੀਤੇ ਜਾ ਚੁੱਕੇ ਹਨ, ਉਥੇ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 12 ਕਲੱਸਟਰ ਇੰਚਾਰਜਾਂ ਦੀ ਅਗਵਾਈ ਵਿਚ ਚੌਕਸੀ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਅਧੀਨ ਤਹਿਸੀਲ ਪੱਧਰ ਅਤੇ ਫਿਰ ਪਿੰਡ ਪੱਧਰ ’ਤੇ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਆਪਣੇ ਆਪਣੇ ਖੇਤਰਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੇ ਮਾਮਲਿਆਂ ’ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਧੂੰਏਂ ਕਾਰਨ ਕਰੋਨਾ ਵਾਇਰਸ ਨਾਲ ਲੜਨ ਦੀ ਸਮਰੱਥਾ ਘਟਦੀ ਹੈ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਧੂੰਏਂ ਨਾਲ ਸਾਹ ਅਤੇ ਫੇਫੜਿਆਂ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਕਰੋਨਾ ਦੀ ਲਪੇਟ ਵਿਚ ਆਉਣ ਅਤੇ ਕਰੋਨਾ ਵਾਇਰਸ ਫੈਲਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਲਈ ਕਿਸਾਨ ਜਾਗਰੂਕ ਹੋਣ ਅਤੇ ਕਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਕਣਕ ਦੇ ਨਾੜ ਨੂੰ ਕਿਸੇ ਵੀ ਹਾਲਤ ਵਿਚ ਅੱਗ ਨਾ ਲਾਉਣ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਵੀ ਹਾਜ਼ਰ ਸਨ।