ਜਲੰਧਰ/ਚੰਡੀਗੜ੍ਹ, (ਧਵਨ, ਭੁੱਲਰ)—ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਚਾਲੂ ਸਿੱਖਿਆ ਸੈਸ਼ਨ ਦੌਰਾਨ ਖਰਾਬ ਨਤੀਜਿਆਂ ਲਈ ਡੀ. ਈ. ਓਜ਼ ਅਤੇ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ। ਸਿੱਖਿਆ ਮੰਤਰੀ ਨੇ ਅੱਜ ਸੂਬੇ ਭਰ ਦੇ ਜ਼ਿਲਾ ਸਿੱਖਿਆ ਅਧਿਕਾਰੀਆਂ (ਡੀ. ਈ. ਓਜ਼) ਅਤੇ ਸਕੂਲ ਪ੍ਰਿੰਸੀਪਲਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਨੂੰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਮਾਮਲੇ ਸਬੰਧੀ ਸਖਤ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਕ ਸਾਲ ਦੇ ਅੰਦਰ ਸਾਰੇ ਸਕੂਲਾਂ ਦੀਆਂ ਇਮਾਰਤਾਂ ਨਵੀਆਂ ਬਣਾਈਆਂ ਜਾਣਗੀਆਂ।
ਸਕੂਲਾਂ ਵਿਚ ਬਿਹਤਰ ਮੁੱਢਲਾ ਢਾਂਚਾ ਪ੍ਰਦਾਨ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਡੀ. ਈ. ਓਜ਼ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਚੰਗੇ ਨਤੀਜੇ ਲਿਆਉਣ ਲਈ ਅਚਾਨਕ ਸਕੂਲਾਂ ਦੀ ਜਾਂਚ ਕਰਨ ਤਾਂ ਜੋ ਪਤਾ ਲੱਗ ਸਕੇ ਕਿ ਸਕੂਲਾਂ ਵਿਚ ਅਧਿਆਪਕ ਅਤੇ ਹੋਰ ਸਟਾਫ ਸਮੇਂ ‘ਤੇ ਪਹੁੰਚ ਰਿਹਾ ਹੈ ਜਾਂ ਨਹੀਂ।
ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਸਮੇਂ ‘ਤੇ ਸਕੂਲਾਂ ਵਿਚ ਪਹੁੰਚਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਕਈ ਸਕੂਲਾਂ ਵਿਚ ਹੋਰ ਕਰਮਚਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਮਾਮਲਾ ਸਰਕਾਰ ਦੇ ਧਿਆਨ ਵਿਚ ਹੈ। ਉਨ੍ਹਾਂ ਕਿਹਾ ਕਿ ਬਣਦੀਆਂ ਪ੍ਰਮੋਸ਼ਨਾਂ ਅਤੇ ਰੈਸ਼ਨੇਲਾਈਜ਼ੇਸ਼ਨ ਨਾਲ ਇਨ੍ਹਾਂ ਪੋਸਟਾਂ ਨੂੰ ਭਰਿਆ ਜਾਵੇਗਾ। ਦਰਜਾ-ਚਾਰ ਅਤੇ ਹੋਰ ਮੁਲਾਜ਼ਮਾਂ ਦਾ ਪ੍ਰਬੰਧ ਡੀ. ਈ. ਓਜ਼ ਨੂੰ ਆਪਣੇ ਪੱਧਰ ‘ਤੇ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰ ਬਣਾਉਂਦੇ ਸਮੇਂ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਕਿਸੇ ਵੀ ਵਿਦਿਆਰਥੀ ਨੂੰ 3 ਕਿਲੋਮੀਟਰ ਤੋਂ ਵੱਧ ਦੂਰੀ ਤੈਅ ਨਾ ਕਰਨੀ ਪਵੇ।