ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਟਿੱਡੀ ਦਲ ਦੇ ਸੰਭਾਵੀ ਹਮਲੇ ਦੀ ਰੋਕਥਾਮ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਲਈ ਤਿਆਰ ਕੀਤੇ ਐਕਸ਼ਨ ਪਲਾਨ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਅੱਜ ਵਿਖੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆ ਨਾਲ ਮੀਟਿੰਗ ਕਰਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆ ਨੂੰ ਆਪਣੇ ਵਿਭਾਗ ਵਿੱਚ ਸੰਭਾਵੀ ਟਿੱਡੀ ਦਲ ਦੇ ਹਮਲੇ ਲਈ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣ ਅਤੇ ਧਾਰਮਿਕ ਸਥਾਨਾਂ ਰਾਹੀਂ ਅਨਾਂਊਸਮੈਂਟ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਟਿੱਡੀ ਦਲ ਦੀ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕਲੋਰੋਪਾਇਰੀਫਾਸ ਅਤੇ ਲੈਮਡਾਸਾਈਹੈਲੋਥਰੀਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਡਾ. ਵਾਲੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਵਿਭਾਗ, ਨਗਰ ਨਿਗਮ, ਸਹਿਕਾਰੀ ਸਭਾਵਾਂ, ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਨੂੰ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਵਿਭਾਗਾਂ ਨੂੰ ਟਿੱਡੀ ਦਲ ਦੀ ਰੋਕਥਾਮ ਲਈ ਫਾਇਰ ਬ੍ਰਿਗੇਡ, ਸਪਰੇਅ ਪੰਪ, ਪਾਣੀ ਦੀ ਉਪਲਬੱਧਤਾ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਟਿੱਡੀ ਦਲ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਟਿੱਡੀ ਦਲ ਦਿਨ ਸਮੇਂ ਲਗਭਗ 150 ਕਿਲੋਮੀਟਰ ਸਫ਼ਰ ਤੈਅ ਕਰਨ ਉਪਰੰਤ ਰਾਤ ਸਮੇਂ ਇੱਕ ਜਗ੍ਹਾ ‘ਤੇ ਬੈਠ ਜਾਂਦਾ ਹੈ ਅਤੇ ਇਸ ਤੋਂ ਰੋਕਥਾਮ ਲਈ ਰਾਤ ਸਮੇਂ ਸਪਰੇਅ ਕਰਕੇ ਇਸ ਨੂੰ ਖਤਮ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਿਹਤ ਵਿਭਾਗ ਨੂੰ ਵੀ ਟਿੱਡੀ ਦਲ ਦੇ ਸੰਭਾਵੀ ਹਮਲੇ ਸਮੇਂ ਲੋੜੀਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਅਤੇ ਬਲਾਕ ਪੱਧਰ ‘ਤੇ ਐਸ.ਡੀ.ਐਮ. ਨੋਡਲ ਅਫ਼ਸਰ ਹੋਣਗੇ ਜੋ ਕਿ ਬਲਾਕ ਖੇਤੀਬਾੜੀ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਮੋਨੀਟਰ ਕਰਨਗੇ।
ਮੀਟਿੰਗ ਦੌਰਾਨ ਕੇ.ਵੀ.ਕੇ. ਰੋਣੀ ਦੇ ਸਹਿਯੋਗੀ ਨਿਰਦੇਸ਼ਕ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਏ.ਐਸ. ਥਿੰਦ, ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਅਸ਼ੋਕ ਰੌਣੀ, ਵੈਟਰਨਰੀ ਅਫ਼ਸਰ ਡਾ. ਸੰਜੇ ਸ਼ਰਮਾ, ਮੱਛੀ ਪਾਲਣ ਅਫ਼ਸਰ ਹਰਦੀਪ ਕੌਰ, ਮੰਨੂ ਭਾਖਰੀ, ਸਿਮਰਨਜੀਤ ਕੌਰ, ਡਾ ਪ੍ਰਵੀਨ ਪੁੰਜ, ਕੇਸ਼ਵ ਕੁਮਾਰ, ਬਲਬੀਰ ਸਿੰਘ ਮੌਜੂਦ ਸਨ।