ਕਰਫਿਊ ਨੂੰ ਵਧਾਉਣ ਬਾਰੇ ਫ਼ੈਸਲਾ 10 ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਮੀਡੀਆ ਰਿਪੋਰਟਾਂ ਨੂੰ ਰੱਦ ਕਰਦਿਆਂ ਸਪੱਸ਼ਟ ਕਰ ਦਿੱਤਾ ਕਿ ਰਾਜ ਵਿੱਚ ਕਰਫਿਊ ਨੂੰ 14 ਅਪ੍ਰੈਲ ਤੋਂ ਅੱਗੇ ਵਧਾਉਣ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।
ਅਜਿਹੀਆਂ ਅਟਕਲਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਇਸ ਮਾਮਲੇ ਵਿੱਚ ਕੋਈ ਫ਼ੈਸਲਾ ਲੈਣਾ ਅਜੇ ਬਾਕੀ ਹੈ। ਇਸ ਸਬੰਧ ਵਿੱਚ ਫ਼ੈਸਲਾ 10 ਅਪ੍ਰੈਲ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਘੱਟ ਰੱਖਣ ਸਬੰਧੀ ਜੋ ਪੱਤਰ ਜਾਰੀ ਕੀਤਾ ਗਿਆ ਸੀ, ਉਸ ਦਾ ਕਰਫ਼ਿਊ ਵਧਾਉਣ ਨਾਲ ਕੋਈ ਸਬੰਧ ਨਹੀਂ ਸੀ। ਇਸ ਬਾਰੇ ਬੁਲਾਰੇ ਨੇ ਸਪੱਸ਼ਟ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਪੰਜਾਬ ਸਰਕਾਰ ਪੈਦਾ ਹੋਈ ਸਥਿਤੀ ਦਾ ਲਗਾਤਾਰ ਮੁਲਾਂਕਣ ਅਤੇ ਸਮੀਖਿਆ ਕਰ ਰਹੀ ਹੈ, ਜੋ ਕਿ ਦਿਨੋ ਦਿਨ ਬਦਲ ਰਹੀ ਹੈ ਅਤੇ ਸੂਬੇ ਅਤੇ ਇਸ ਦੇ ਲੋਕਾਂ ਦੇ ਸਰਬਪੱਖੀ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਅਪ੍ਰੈਲ ਦੇ ਅੱਧ ਵਿੱਚ ਹੋਣ ਵਾਲੀਆਂ ਸਥਿਤੀਆਂ ਦੇ ਸੰਦਰਭ ਵਿੱਚ ਕੋਈ ਵੀ ਫ਼ੈਸਲਾ ਲਿਆ ਜਾਵੇਗਾ।