ਸਿੱਖਿਆ ਮੰਤਰੀ ਵਲੋਂ ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਫੇਕ ਮੈਸੇਜ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਅਧੀਨ ਮੁਫ਼ਤ ਵਿੱਚ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ਵਿੱਚ ਨਾ ਆਉਣ।

ਵ੍ਹੱਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਘੁੰਮ ਰਹੇ ਫ਼ਰਜ਼ੀ ਸੰਦੇਸ਼ ਦਾ ਗੰਭੀਰ ਨੋਟਿਸ ਲੈਂਦਿਆਂ ਸਿੰਗਲਾ ਨੇ ਕਿਹਾ ਕਿ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸਿਰਫ਼ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਹਨ ਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਆਧਾਰ ‘ਤੇ ਮੁਫ਼ਤ ਵਿੱਚ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਲਈ ਹੋਰ ਲੋਕਾਂ ਨੂੰ ਅਜਿਹੀ ਸਕੀਮ ਦੇ ਘੇਰੇ ਵਿੱਚ ਲਿਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸਿੱਖਿਆ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਨੇ ਅਜਿਹੀ ਕੋਈ ਵੈੱਬਸਾਈਟ ਜਾਂ ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਸ਼ੁਰੂਆਤ ਨਹੀਂ ਕੀਤੀ, ਜਿਸ ‘ਤੇ ਸਮਾਰਟ ਫ਼ੋਨਾਂ ਲਈ ਰਜਿਸਟ੍ਰੇਸ਼ਨ ਹੋ ਰਹੀ ਹੋਵੇ। ਉਨ੍ਹਾਂ ਆਨਲਾਈਨ ਧੋਖੇਬਾਜ਼ਾਂ ਨੂੰ ਸਾਈਬਰ ਕ੍ਰਾਈਮ ਰੋਕਥਾਮ ਕਾਨੂੰਨਾਂ ਅਧੀਨ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ।

ਸਿੰਗਲਾ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਅਜਿਹੇ ਧੋਖਾਧੜੀ ਵਾਲੇ ਸੁਨੇਹੇ ‘ਤੇ ਕਲਿੱਕ ਕਰਨ ਨਾਲ ਤੁਹਾਡੇ ਮੋਬਾਈਲ ਦਾ ਕੰਟਰੋਲ ਸਾਈਬਰ ਅਪਰਾਧੀਆਂ ਦੇ ਹੱਥ ਵਿੱਚ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਘੁੰਮ ਰਹੇ ਗ੍ਰਾਫ਼ਿਕਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਅਤੇ ‘ਕੈਪਟਨ ਸਮਾਰਟ ਫ਼ੋਨ ਡਿਸਟ੍ਰੀਬਿਊਸ਼ਨ ਸਕੀਮ 2020’ ਸਿਰਲੇਖ ਹੇਠ ਰਜਿਸਟ੍ਰੇਸ਼ਨ ਲਈ ਪ੍ਰੋਫ਼ਾਰਮਾ ਦਿੱਤਾ ਗਿਆ ਹੈ, ਜਿਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

Leave a Reply

Your email address will not be published. Required fields are marked *