ਭੋਪਾਲ— ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਚੋਟੀ ਦੇ ਨੇਤਾ ਸ਼ਿਵਰਾਜ ਸਿੰਘ ਚੌਹਾਨ ਨੂੰ ਪਾਰਟੀ ’ਚ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪਾਰਟੀ ਦੀ ਕੌਮੀ ਮੈਂਬਰੀ ਮੁਹਿੰਮ ਦਾ ਮੁਖੀ ਬਣਾਇਆ ਗਿਆ ਹੈ। ਹੁਣ ਉਨ੍ਹਾਂ ਦੀ ਅਗਵਾਈ ਹੇਠ ਪੂਰੇ ਦੇਸ਼ ’ਚ ਭਾਜਪਾ ਦੀ ਮੈਂਬਰੀ ਦੀ ਮੁਹਿੰਮ ਨੂੰ ਅੱਗੇ ਵਧਾਇਆ ਜਾਵੇਗਾ।
ਦੱਸਿਆ ਜਾਂਦਾ ਹੈ ਕਿ ਵੀਰਵਾਰ ਨੂੰ ਨਵੀਂ ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਅਤੇ ਸੂਬਾਈ ਮੁਖੀਆਂ ਦੀ ਬੈਠਕ ’ਚ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਸ਼ਿਵਰਾਜ ਨੂੰ ਉਕਤ ਅਹਿਮ ਜ਼ਿੰਮੇਵਾਰੀ ਸੌਂਪੀ। ਸ਼ਾਹ ਨੇ ਮੈਂਬਰੀ ਦੀ ਮੁਹਿੰਮ ਦੌਰਾਨ ਉਨ੍ਹਾਂ ਸੂਬਿਆਂ ਵਲ ਵਿਸ਼ੇਸ਼ ਤੌਰ ’ਤੇ ਧਿਆਨ ਦੇਣ ਲਈ ਕਿਹਾ, ਜਿਥੇ ਪਾਰਟੀ ਅਜੇ ਕਮਜ਼ੋਰ ਹੈ।
ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ ਦੀਆਂ ਅਸੈਂਬਲੀ ਚੋਣਾਂ ਪਿੱਛੋਂ ਚੌਹਾਨ ਦੇ ਸਿਆਸੀ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਹੁਣ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਸਭ ਅਟਕਲਾਂ ’ਤੇ ਰੋਕ ਲੱਗ ਗਈ ਹੈ।