ਜ਼ਲ੍ਹਿਆਂ ਵਾਲੇ ਬਾਗ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ

ਮੋਗਾ : (ਪ੍ਰੋ.ਦ.ਪ.ਸਿੰਘ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਨੇਰ (ਮੋਗਾ) ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੀਮਾਂ ਬਾਂਸਲ ਦੀ ਅਗਵਾਈ ਹੇਠ ਜ਼ਲ੍ਹਿਆਂ ਵਾਲੇ ਬਾਗ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਤਸਵੀਰਾਂ, ਪੋਸਟਰ ਅਤੇ ਕੋਲਾਜ਼ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੀਮਾਂ ਬਾਂਸਲ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਰਕਾਰੀ ਸਕੂਲ ਕਿਸੇ ਪੱਖੋਂ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ। ਸਾਡੇ ਸਕੂਲ ਵਿੱਚ ਜਿੱਥੇ ਕਾਬਿਲ, ਮਿਹਨਤੀ ਅਤੇ ਤਜ਼ਰਬੇਕਾਰ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਸਕੂਲੀ ਵਿੱਦਿਆ ਕੀਤੀ ਜਾਂਦੀ ਹੈ, ਉਥੇ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵ-ਪੱਖੀ ਵਿਕਾਸ ਲਈ ਲਗਾਤਾਰ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ।

ਅਖ਼ੀਰ ਵਿੱਚ ਸਭ ਤੋਂ ਸੁੰਦਰ ਅਤੇ ਪ੍ਰਭਾਵਸ਼ਾਲੀ ਤਸਵੀਰ, ਪੋਸਟਰ ਅਤੇ ਕੋਲਾਜ਼ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਬੱਚਿਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਨਾ ਸਿਰਫ਼ ਸਕੂਲ ਪ੍ਰਬੰਧਕਾਂ ਦੁਆਰਾ ਕੀਤੇ ਗਏ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਗਈ ਸਗੋਂ ਸਕੂਲ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ ਗਿਆ।

ਇਸ ਪ੍ਰਦਰਸ਼ਨੀ ਦੇ ਪ੍ਰਬੰਧਨ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਸੀਮਾਂ ਬਾਂਸਲ ਤੋਂ ਇਲਾਵਾ ਮੈਡਮ ਨੀਲਮ ਸ਼ਰਮਾ, ਜਸਵਿੰਦਰ ਕੌਰ, ਸੀਮਾਂ ਰਾਣੀ, ਚੰਦਰ ਰੇਖਾ, ਕੁਲਵੀਰ ਕੌਰ, ਜਸਪਿੰਦਰ ਕੌਰ, ਰਜਵਿੰਦਰਜੀਤ ਕੌਰ, ਨਵਦੀਪ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਗਗਨਦੀਪ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ।

Leave a Reply

Your email address will not be published. Required fields are marked *