ਜਲੰਧਰ–ਭਾਰਤ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ ਕੀਤਾ। ਇਹ ਸਿੱਕਾ ਸੋਨੇ ਅਤੇ ਚਾਂਦੀ ਦੋਵੇਂ ਰੂਪਾਂ ਵਿਚ ਤਿਆਰ ਕੀਤਾ ਗਿਆ ਹੈ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਡੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਭਗਤੀ ਲਹਿਰ ਦੇ ਪਹਿਲੇ ਪ੍ਰਚਾਰਕ ਸਨ ਜਿਨ੍ਹਾਂ ਨੇ ਬਰਾਬਰਤਾ ਦਾ ਸੰਦੇਸ਼ ਦਿੱਤਾ ਤੇ ਦੁਨੀਆ ਨੂੰ ਦੱਸਿਆ ਕਿ ਪਰਮਾਤਮਾ ਇਕ ਹੈ। ਉਹਨਾਂ ਕਿਹਾ ਕਿ ਉਹਨਾਂ ਦੀਆਂ ਸਿੱਖਿਆਵਾਂ ਅੱਜ ਵੀ ਵਿਸ਼ਵ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਨਾਅਰਾ ‘ਸਬਕਾ ਸਾਥ, ਸਬਕਾ ਵਿਕਾਸ, ਸਭਕਾ ਵਿਸ਼ਵਾਸ’ ਅਸਲ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਹੀ ਉਪਜਿਆ ਹੈ।
ਉਪ ਰਾਸ਼ਟਰਪਤੀ ਨੇ ਕਿਹਾ ਕਿ ਤਿੰਨ ‘ਸ’ ਹਮੇਸ਼ਾ ਸਿੱਖੀ ਦੀ ਮਹਾਨਤਾ ਨੂੰ ਦਰਸਾਉਂਦੇ ਹਨ। ਪਹਿਲਾ ‘ਸ’ ਸਿਰਮੌਰ ਦਲੇਰੀ ਦਾ ਸੂਚਕ ਹੈ, ਦੂਜਾ ‘ਸ’ ਸੇਵਾ ਭਾਵਨਾ ਅਤੇ ਤੀਜਾ ‘ਸ’ ਸਿੱਖ ਗੁਰੂ ਸਾਹਿਬਾਨ ਤੇ ਭਾਈਚਾਰੇ ਦੇ ਮੈਂਬਰਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਰਾਜਧਾਨੀ ਵਿਚ ਆਉਂਦੇ ਧਰਨਾਕਾਰੀਆਂ ਲਈ ਲੰਗਰ ਲਗਾਉਣ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਸਾਡੇ ਜੀਵਨ ਲਈ ਬਹੁਤ ਵੱਡਾ ਤੇ ਮਹਾਨ ਮੌਕਾ ਹੈ ਜਦੋਂ ਅਸੀਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਉਣ ਜਾ ਰਹੇ ਹਾਂ।