ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕੋਵਿਡ-19 ਅਤੇ ਕਰਫਿਊ ਦੇ ਚੱਲਦਿਆਂ ਪੈਦਾ ਹੋਈ ਸਥਿਤੀ ਦੀ ਰੋਜ਼ਾਨਾ ਨਿੱਜੀ ਤੌਰ ‘ਤੇ ਨਿਗਰਾਨੀ ਅਤੇ ਸਮੀਖਿਆ ਕਰ ਰਹੇ ਹਨ, ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਕਿਹਾ ਕਿ ਅਚਾਨਕ ਲੌਕਡਾਊਨ ਕਾਰਨ ਪੰਜਾਬ ਵਿੱਚ ਫਸੇ ਪਰਵਾਸੀ ਮਜ਼ਦੂਰਾਂ ਅਤੇ ਬੇਘਰਿਆਂ ਦੀ ਰੱਖਿਆ ਅਤੇ ਰਾਹਤ ਲਈ ਸਾਰੇ ਕਦਮ ਚੁੱਕੇ ਜਾਣਗੇ।
ਇਸੇ ਸਬੰਧ ਵਿੱਚ ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਫ਼ੋਨ ’ਤੇ ਗੱਲ ਕਰਕੇ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ ਬਿਹਾਰ ਦੇ ਪਰਵਾਸੀ ਮਜ਼ਦੂਰਾਂ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਆਪਣੇ ਹਮਰੁਤਬਾ ਨੂੰ ਆਖਿਆ ਕਿ ਉਹ ਬਿਹਾਰ ਵਿੱਚ ਇਥੋਂ ਦੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇਹ ਵਿਸ਼ਵਾਸ ਦਿਵਾ ਦੇਣ ਕਿ ਇਨ੍ਹਾਂ ਪਰਖ ਦੀਆਂ ਘੜੀਆਂ ਵਿੱਚ ਪੰਜਾਬ ਤੇ ਪੰਜਾਬੀਆਂ ਵੱਲੋਂ ਉਨ੍ਹਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।
ਫਰੰਟਲਾਈਨ ‘ਤੇ ਡਟੇ ਵਰਕਰਾਂ ਦਾ ਮਨੋਬਲ ਵਧਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀ ਦਿਨ ਵੇਲੇ ਡਾਕਟਰਾਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਨਿੱਜੀ ਤੌਰ ‘ਤੇ ਫੋਨ ਉਤੇ ਗੱਲਬਾਤ ਕੀਤੀ। ਉਨ੍ਹਾਂ ਗੱਲਬਾਤ ਦੌਰਾਨ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਸ ਅਣਕਿਆਸੇ ਸੰਕਟ ਖਿਲਾਫ ਲੜਾਈ ਵਿੱਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ।