ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਜੰਗ ਨੂੰ ਲੋਕਾਂ ਤੱਕ ਲਿਜਾਣ ਲਈ ਅਰੰਭੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਪਟਿਆਲਾ ਪੁਲਿਸ ਵੀ ਆਪਣਾ ਯੋਗਦਾਨ ਪਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਨੂੰ ਘਰੋਂ ਬਾਹਰ ਨਿਕਲਦੇ ਹੀ ਮਾਸਕ ਪਾਉਣ, ਜਨਤਕ ਥਾਵਾਂ ‘ਤੇ ਨਾ ਥੁੱਕਣ ਆਦਿ ਹਦਾਇਤਾਂ ਦਾ ਪਾਲਣ ਨਾ ਕਰਨ ‘ਤੇ ਚਲਾਣ ਅਤੇ ਜੁਰਮਾਨਿਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸ. ਸਿੱਧੂ ਦੇ ਨਾਲ ਐਸ.ਪੀ. ਸਿਟੀ ਸ੍ਰੀ ਵਰੁਣ ਕੁਮਾਰ ਵੀ ਮੌਜੂਦ ਸਨ।
ਸ. ਸਿੱਧੂ ਨੇ ਦੱਸਿਆ ਕਿ ‘ਮਿਸ਼ਨ ਫ਼ਤਿਹ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੌਰਾਨ ਪੁਲਿਸ ਵੱਲੋਂ ਵੀ ਇਸ ਭਿਆਨਕ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਈ ਜਾਵੇਗੀ, ਇਸ ਲਈ ਲੋਕ ਵੀ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਆਪਣਾ ਸਹਿਯੋਗ ਦੇਣ।
ਇਸੇ ਦੌਰਾਨ ਐਸ.ਪੀ. ਸਿਟੀ ਸ੍ਰੀ ਵਰੁਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਹੁਣ ਤੱਕ 2723 ਚਲਾਣ ਕੱਟੇ ਹਨ ਅਤੇ ਇਨ੍ਹਾਂ ਨੂੰ 7 ਲੱਖ 86 ਹਜ਼ਾਰ 400 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਜਦੋਂਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਦੇ ਵੀ 62 ਚਲਾਣ ਕੀਤੇ ਗਏ ਹਨ ਅਤੇ ਇਨ੍ਹਾਂ ਕੋਲੋਂ 7500 ਰੁਪਏ ਜੁਰਮਾਨਾ ਵਸੂਲਿਆ ਗਿਆ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸੇ ਤਰ੍ਹਾਂ ਪਟਿਆਲਾ ਪੁਲਿਸ ਨੇ ਰਾਤ ਦੇ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਦੇ ਕਰਫਿਊ ਨੂੰ ਲਾਗੂ ਕਰਵਾਉਣ ਲਈ ਵੀ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਜਦੋਂਕਿ ਸੜਕੀ ਆਵਾਜਾਈ ਨਿਯਮਾਂ ਦੀ ਉਲੰਘਣਾ ਦੇ ਵੀ ਹੁਣ ਤੱਕ 11 ਹਜ਼ਾਰ 147 ਚਲਾਣ ਕਰਕੇ 763 ਵਹੀਕਲ ਜਬਤ ਕੀਤੇ ਗਏ ਹਨ।