ਅਕਾਲੀਆਂ ਦੀ ਯਾਤਰਾ ਦਾ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾਓ’ ਚਾਹੀਦਾ : ਭਗਵੰਤ ਮਾਨ

Punjab Chief Minister Bhagwant Singh Mann

ਚੰਡੀਗੜ੍ਹ : ਅਕਾਲੀਆਂ ਵੱਲੋਂ ਪੰਜਾਬ ‘ਚ ਕੀਤੀ ਜਾ ਰਹੀ ਯਾਤਰਾ ਦਾ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾਓ’ ਹੋਣਾ ਚਾਹੀਦਾ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਯਾਤਰਾ ‘ਤੇ ਕਟਾਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਹੇ। ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ।

ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ।


ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ਵਿੱਚ ਪੱਛੜਦਾ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਟਸਰਾਂ ਅਤੇ ਨਸ਼ਾ ਮਾਫੀਏ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ਵਿੱਚੋਂ ਤੁਸੀਂ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ। ਪੰਜਾਬ ਦੇ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ ਜਦੋਂ ਸਮੁੱਚਾ ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਖੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ।”


ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਮਿਸਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ਵਿੱਚ ਹਨ ਪਰ ਇਨ੍ਹਾਂ ਨੇ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।”


ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂੰ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

Leave a Reply

Your email address will not be published. Required fields are marked *