ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਅੱਜ ਤੜਕੇ 4:30 ਵਜੇ ਅਕਾਲ ਚਲਾਣਾ ਕਰ ਗਏ। ਬੀਤੇ ਦਿਨੀਂ ਉਨ੍ਹਾਂ ਦੀ ਕੋਰੋਨਾਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਉਹ ਵੈਂਟੀਲੇਟਰ ‘ਤੇ ਸਨ। ਜਾਣਕਾਰੀ ਅਨੁਸਾਰ ਭਾਈ ਨਿਰਮਲ ਸਿੰਘ ਨੂੰ ਖੰਘ, ਬੁਖਾਰ ਦੇ ਨਾਲ-ਨਾਲ ਸਾਹ ਲੈਣ ‘ਚ ਤਕਲੀਫ ਸੀ। ਹਸਪਤਾਲ ਦੇ ਡਾਕਟਰਾਂ ਵਲੋਂ ਉਨ੍ਹਾਂ ਦੀ ਸਕਰੀਨਿੰਗ ਕਰਕੇ ਟੈਸਟਿੰਗ ਲਈ ਬਲੱਡ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤਾ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ ‘ਚ ਉਹ ਕੁਝ ਦਿਨ ਇਲਾਜ ਅਧੀਨ ਰਹੇ। ਉਨ੍ਹਾਂ ਨੇ ਡਾਕਟਰਾਂ ਤੋਂ ਗੁਜ਼ਾਰਿਸ਼ ਕੀਤੀ ਸੀ ਕਿ ਉਨ੍ਹਾਂ ਦਾ ਟੈਸਟ ਕਰਵਾਇਆ ਜਾਵੇ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਸੀ।
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾਵਾਇਰਸ ਦੇ ਬਚਾਅ ਲਈ ਉਹ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ।
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ਂਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਈ ਸਾਹਿਬ ਦੇ ਅਕਾਲ ਚਲਾਣੇ ਕਾਰਨ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਿਆ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਰਾਗ ਗਾਇਨ ਦੇ ਧਨੀ ਸਨ ਤੇ ਉਨ੍ਹਾਂ ਨੇ ਲੰਮਾ ਸਮਾਂ ਸ੍ਰੀ ਹਰਮਦਿੰਰ ਸਾਹਿਬ ਵਿਖੇ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਕੀਰਤਨ ਗਾਇਨ ਰਾਹੀਂ ਸਾਰੀ ਉਮਰ ਸਿੱਖ ਧਰਮ ਦਾ ਪ੍ਰਚਾਰ ਕੀਤਾ।