ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਇੱਥੋਂ ਨੇੜੇ ਹੀ ਉਨ੍ਹਾਂ ਦੇ ਫਾਰਮ ਤੇ ਕੀਤਾ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ।
ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। 2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ। ਕਿਹਾ ਜਾਂਦਾ ਹੈ ਕਿ ਬਲਵੰਤ ਸਿੰਘ ਨੰਦਗੜ੍ਹ ਨੇ ਕੌਮ ਦੀ ਵੱਖਰੀ ਹਸਤੀ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿਚ ਡਟ ਕੇ ਸਟੈਂਡ ਲਿਆ ਭਾਵੇਂ ਕਿ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੀ ਜਥੇਦਾਰੀ ਵੀ ਛੱਡਣੀ ਪਈ। ਦਰਬਾਰ-ਏ-ਖਾਲਸਾ ਜਥੇਬੰਦੀ ਵਲੋ ਜਥੇਦਾਰ ਨੰਦਗੜ ਦੀ ਅਗਵਾਈ ਹੇਠ 14 ਅਕਤੂਬਰ 2018 ਨੂੰ ਬੱਤੀਆਂ ਵਾਲਾ ਚੌਕ ਕੋਟਕਪੂਰਾ ਵਿਖੇ ਮਨਾਏ ਗਏ ‘ਲਾਹਣਤ ਦਿਹਾੜੇ’ ਦੌਰਾਨ ਪ੍ਰਕਾਸ਼ ਸਿੰਘ ਬਾਦਲ ਸਬੰਧੀ ‘ਲਾਹਣਤ ਪੱਤਰ’ ਵੀ ਪੜ੍ਹਿਆ ਗਿਆ ਸੀ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਨੂੰ ਸਰਧਾਂਜਲੀ ਭੇਂਟ ਕੀਤੀ। ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਆਖਿਆ ਕਿ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਜੀ ਦਾ ਜੀਵਨ ਸਿੱਖੀ ਸਿਧਾਂਤਾਂ ਨੂੰ ਸਮਰਪਿਤ ਰਿਹਾ ਹੈ ਅਤੇ ਉਨ੍ਹਾਂ ਨੇ ਕੌਮ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ।
ਇਸ ਮੌਕੇ ਉਨ੍ਹਾਂ ਨੇ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਪੁੱਤਰ ਸਿ਼ਵਰਾਜ ਸਿੰਘ ਨੰਦਗੜ੍ਹ (ਐਸਪੀ ਜ਼ੇਲ੍ਹਾਂ) ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਾਹਿਗੁਰੂ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ਸ਼ਰਧਾਂਜਲੀ ਭੇਂਟ ਕੀਤੀ।