ਮੋਗਾ, (ਪ੍ਰੋ.ਦ.ਪ.ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਮਾਲਵੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ.ਗੋਬਿੰਦ ਸਿੰਘ ਦੀ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸੰਖੇਪ ਧਾਰਮਿਕ ਸਮਾਗਮ ਕਰਵਾਇਆ ਗਿਆ।
ਜਿਸ ਵਿੱਚ ਕਾਲਜ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਵੱਲੋਂ ਸਮੂਹਿਕ ਰੂਪ ਵਿੱਚ ਆਪੋ-ਆਪਣੇ ਨਿੱਜੀ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਗਈ।
ਕਾਲਜ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠਾਂ ਦੀ ਆਰੰਭਤਾ ਤੋਂ ਪਹਿਲਾਂ ਧਾਰਮਿਕ ਪ੍ਰੋਫ਼ੈਸਰ ਦਵਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਗੱਲ ਕਰਦਿਆਂ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਨੂੰ ਸਮਰਪਿਤ ਘੱਟੋ-ਘੱਟ ਇੱਕ ਸਹਿਜ ਪਾਠ ਜ਼ਰੂਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਹਿਜ ਪਾਠ ਦੀ ਮਰਿਆਦਾ ਵੀ ਤੋਂ ਜਾਣੂ ਕਰਵਾਇਆ।
ਇਸ ਮੌਕੇ ਡਾ. ਸਿਮਰ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਹੈੱਡ ਗ੍ਰੰਥੀ ਭਾਈ ਹੁਸ਼ਿਆਰ ਸਿੰਘ ਜੀ ਦੁਆਰਾ ਅਰਦਾਸ ਬੇਨਤੀ ਕਰਨ ਉਪਰੰਤ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਆਪੋ-ਆਪਣੀਆਂ ਪੋਥੀਆਂ ਪ੍ਰਕਾਸ਼ ਕਰਕੇ ਸਮੂਹਿਕ ਰੂਪ ਵਿੱਚ ਸਹਿਜ ਪਾਠਾਂ ਦੀ ਸ਼ੁਰੂਆਤ ਕੀਤੀ ਗਈ। ਅਖ਼ੀਰ (ਆਖ਼ਰ) ਵਿੱਚ ਕਾਲਜ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਸਹਿਜ ਪਾਠ ਕਰਨ ਵਾਲੇ ਵਿਦਿਆਰਥੀਆਂ ਨੂੰ, ਵਧਾਈ ਦਿੱਤੀ ਅਤੇ ਗੁਰਮਤਿ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ।