ਚੰਡੀਗੜ੍ਹ : ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਪੁਨਰ ਉਥਾਨ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਉਸ ਵਿੱਚ ਇਨ੍ਹਾਂ ਨੌਜਵਾਨਾਂ ਦਾ ਨਾਂ ਸੁਨਹਿਰੀ ਸ਼ਬਦਾਂ ‘ਚ ਦਰਜ ਹੋਵੇਗਾ।
ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰੇਕ ਨੌਜਵਾਨ ਦੀ ਜ਼ਿੰਮੇਵਾਰੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਲਮੇਲ ਨਾਲ ਕੰਮ ਕਰਨਾ (ਟੀਮ ਵਰਕ) ਬਹੁਤ ਜ਼ਰੂਰੀ ਹੈ, ਜਿਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਨ੍ਹਾਂ ਨੇ ਕ੍ਰਿਕਟ ਖੇਡ ਸ਼ੁਰੂ ਕੀਤੀ ਸੀ, ਉਹ ਅੱਜ ਇੱਕ ਨਵੀਂ ਟੀਮ ਤੋਂ ਹਾਰ ਗਏ ਹਨ ਕਿਉਂਕਿ ਉਸ ਨਵੀਂ ਟੀਮ ਨੇ ਟੀਮ ਵਰਕ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ਇੱਕ ‘ਦੂਰ ਦੇ ਸੁਪਨਾ’ ਵਾਂਗ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਜਨਤਾ ਦੀ ਸਹੀ ਅਰਥਾਂ ਵਿੱਚ ਸੇਵਾ ਕਰਨ ਸਬੰਧੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਲਈ ਲਈ ਦੂਰ ਦੀ ਗੱਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 37683 ਨੌਕਰੀਆਂ ਦਿੱਤੀਆਂ ਗਈਆਂ ਹਨ।
ਪ੍ਰਧਾਨ ਮੰਤਰੀ ਵੱਲੋਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਸਬੰਧੀ ਹਾਲ ਹੀ ਵਿੱਚ ਲਏ ਫੈਸਲੇ ‘ਤੇ ਤੰਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਲਪੀਜੀ ਦੀ ਕੀਮਤ 1100 ਰੁਪਏ ਤੱਕ ਵਧਾਉਣ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਆਮ ਆਦਮੀ ਦੇ ਜ਼ਖਮਾਂ ਉੱਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਜਿਹੀਆਂ ਕੋਝੀਆਂ ਚਾਲਾਂ ਨਾਲ ਆਮ ਆਦਮੀ ਨੂੰ ਮੂਰਖ ਬਣਾ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ ਹੈ ਅਤੇ ਲੋਕ ਹੁਣ ਇਨ੍ਹਾਂ ਘਟੀਆਂ ਚਾਲਾਂ ਦੇ ਝਾਂਸੇ ਵਿਚ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਮਹਿਸੂਸ ਕਰ ਰਹੇ ਹਨ ਕਿ ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੇਵਾਵਾਂ ਦੇ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਤਨਖਾਹਾਂ ਵਿੱਚ ਹਰ ਸਾਲ 5 ਫੀਸਦ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।
ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਰਅੰਦੇਸ਼ੀ ਸੋਚ ਵਾਲੇ ਉਸ ਨੇਤਾ ਨੇ ਕਿਹਾ ਸੀ ਕਿ ਸੁਪਨੇ ਉਹ ਹੁੰਦੇ ਹਨ ਜੋ ਵਿਅਕਤੀ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਉਨ੍ਹਾਂ ਨੂੰ ਸੌਣ ਨਹੀਂ ਦਿੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਲਈ ਸੱਦਾ ਦਿੱਤਾ ਸੀ ਤਾਂ ਜੋ ਹਰੇਕ ਆਗੂ ਮੰਚ ’ਤੇ ਆਪਣਾ ਨਜ਼ਰੀਆ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਵਿੱਚ ਆਉਣ ਦੀ ਬਜਾਏ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਨੂੰ ਭੱਜਣ ਨਹੀਂ ਦੇਣਗੇ ਅਤੇ ਇਨ੍ਹਾਂ ਦੀ ਹਰ ਕਰਤੂਤ ਨੂੰ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਰਚਣ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਜਾਣੂੰ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਾ-ਮਾਫੀ ਅਪਰਾਧਾਂ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਖ-ਵੱਖ ਮੁੱਦਿਆਂ ‘ਤੇ ਵੰਡਣ ਅਤੇ ਲੜਾਉਣ ਦੀ ਬਜਾਏ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਲੈਣ ਲਈ ਮਿਹਨਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਜਲਦੀ ਹੀ ਹਰ ਖੇਤਰ ਵਿੱਚ ਹੋਰਨਾਂ ਲਈ ਮਿਸਾਲ ਬਣ ਕੇ ਉੱਭਰੇਗਾ।
ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਪਰ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਵਾਸੀਆਂ ਵਿਰੁੱਧ ਕੀਤੇ ਨਾ ਮਾਫੀਯੋਗ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ।
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਲੱਕੀ ਡਰਾਅ ਰਾਹੀਂ ਗੁਰੂਗ੍ਰਾਮ ਵਿਖੇ ਪਲਾਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਉਸ ਦਾ ਪਰਿਵਾਰ ਇੰਨੇ ਖੁਸ਼ਕਿਸਮਤ ਕਿਉਂ ਹਨ ਕਿ ਉਨ੍ਹਾਂ ਕੋਲ ਅਜਿਹੇ ਕੀਮਤੀ ਪਲਾਟ ਹਰਿਆਣਾ ਵਿੱਚ ਵੀ ਹਨ ਜਦਕਿ ਪੰਜਾਬ ਦੇ ਆਮ ਲੋਕਾਂ ਨੂੰ ਕਦੇ ਵੀ ਅਜਿਹੇ ਪਲਾਟ ਡਰਾਅ ਵਿੱਚ ਨਹੀਂ ਮਿਲੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਟ ਅਤੇ ਹੋਰ ਰਿਆਇਤਾਂ ਸੁਖਬੀਰ ਅਤੇ ਉਸਦੇ ਪਰਿਵਾਰ ਨੂੰ ਸੂਬੇ ਨਾਲ ਗੱਦਾਰੀ ਕਰਨ ਦਾ ਇਨਾਮ ਸਨ।
ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹੁਣ ਉਹ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਬ੍ਰਮ ਸ਼ੰਕਰ ਜਿੰਪਾ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।