ਚੰਡੀਗੜ੍ਹ : ਪੰਜਾਬ ਵਿੱਚ ਲੌਕਡਾਊਨ ਅਤੇ ਕਰਫਿਊ ਦੀ ਮਿਆਦ 1 ਮਈ ਤੱਕ ਵਧਾ ਦਿੱਤੀ ਗਈ ਹੈ। ਇਹ ਫ਼ੈਸਲਾ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਵੀਡੀਓ ਕਾਨਫੰਰਸਿੰਗ ਰਾਹੀਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ (10 ਅਪ੍ਰੈਲ) ਨੂੰ ਇਸ ਬਾਰੇ ਸੰਕੇਤ ਇੱਕ ਟਵੀਟ ਰਾਹੀਂ ਦੇ ਦਿੱਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਹੁਣ ਮਾਸਕ ਪਹਿਨਣੇ ਲਾਜ਼ਮੀ ਹੋ ਗਏ ਹਨ।
ਇਸ ਦੇ ਨਾਲ ਹੀ ਓਡੀਸ਼ਾ ਤੋਂ ਬਾਅਦ ਪੰਜਾਬ ਅਜਿਹਾ ਦੂਜਾ ਰਾਜ ਬਣਿਆ, ਜਿਸ ਨੇ ਲੌਕਡਾਊਨ ਨੂੰ ਵਧਾ ਕੇ 1 ਮਈ ਤੱਕ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸੂਬੇ ਵਿੱਚ ਤਾਲਾਬੰਦੀ ਵਧਾਉਣ ਦੇ ਸੰਕੇਤ ਦਿੱਤੇ ਸਨ ਕਿ ਉਨ੍ਹਾਂ ਦੀ ਸਰਕਾਰ ਇਸ ਨੂੰ ਵਧਾਉਣ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਕਿਉਂਕਿ ਪਾਬੰਦੀਆਂ ਹਟਾਉਣ ਲਈ ਇਹ ਢੁਕਵਾਂ ਸਮਾਂ ਨਹੀਂ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਸੂਬਿਆਂ ਲਈ ਨਿਰਧਾਰਤ 15,000 ਕਰੋੜ ਰੁਪਏ ਦਾ ਪੈਕੇਜ ਨਾਕਾਫੀ ਹਨ ਅਤੇ ਅਜਿਹੀ ਸਥਿਤੀ ਵਿੱਚ ਮੋਦੀ ਸਰਕਾਰ ਨੂੰ ਰਾਜ ਸਰਕਾਰਾਂ ਨੂੰ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।
ਪੰਜਾਬ ਵਿੱਚ ਕੁੱਲ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 151 ਹੋ ਗਈ ਹੈ ਜਦੋਂ ਕਿ ਸ਼ੁੱਕਰਵਾਰ (10 ਅਪ੍ਰੈਲ) ਸਵੇਰੇ ਪੰਜਾਬ ਵਿੱਚ ਕੋਰੋਨਾ ਦੇ ਦੋ ਨਵੇਂ ਕੇਸ ਸਾਹਮਣੇ ਆਏ ਹਨ। ਇਸ ਬਿਮਾਰੀ ਕਾਰਨ ਹੁਣ ਤੱਕ ਸੂਬੇ ਵਿੱਚ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।