ਪੰਜਾਬ ਚ ਕਰਫਿਊ ਦੌਰਾਨ ਕੋਈ ਵੀ ਰਿਆਇਤ ਨਹੀਂ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਜ ਵਿਚ ਕਰਫਿਊ ਦੌਰਾਨ ਕਿਸੇ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ 3 ਮਈ ਨੂੰ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਇਸ ਉਤੇ ਵਿਚਾਰ ਕੀਤਾ ਜਾ ਸਕਦਾ ਹੈ।

ਕੈਪਟਨ ਅਮਰਿੰਦਰ ਨੇ ਡੀਸੀਜ਼ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਰਮਜ਼ਾਨ ਦੇ ਕਾਰਨ ਲੋਕਾਂ ਨੂੰ ਕੋਈ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਡੀ.ਸੀ. ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਲਈ ਸਖਤ ਕਦਮ ਚੁੱਕਣ ਕਿ ਇਸ ਸਮੇਂ ਕਰਿਆਨਾ ਅਤੇ ਹੋਰ ਜ਼ਰੂਰੀ ਦੁਕਾਨਾਂ ‘ਤੇ ਕੋਈ ਭੀੜ ਨਾ ਹੋਵੇ ਅਤੇ ਸਮਾਜਕ ਦੂਰੀਆਂ ਦੇ ਸਾਰੇ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ।

ਮੁੱਖ ਮੰਤਰੀ ਨੇ ਇਹ ਫੈਸਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 20 ਅਪ੍ਰੈਲ ਤੋਂ ਦੇਸ਼ ਵਿਚ ਲੌਕਡਾਉਨ ਵਿਚ ਢਿੱਲ ਦੇਣ ਦੇ ਫੈਸਲੇ ਤੋਂ ਬਾਅਦ ਕੈਪਟਨ ਵੱਲੋਂ ਸੀਨੀਅਰ ਅਧਿਕਾਰੀਆਂ ਤੋਂ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਤਾਜ਼ਾ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਲੌਕਡਾਊਨ ਦੇ ਦੂਜੇ ਪੜਾਅ ਵਿਚ ਭਲਕੇ 20 ਅਪਰੈਲ ਤੋਂ ਕਾਫੀ ਖੇਤਰਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ।

ਕੇਂਦਰ ਸਰਕਾਰ ਦੀਆਂ ਗਾਈਡਲਾਈਨ ਦੇ ਆਧਾਰ ‘ਤੇ ਦੇਸ਼ ਵਿਚ ਕੱਲ਼੍ਹ ਤੋਂ ਸਰਕਾਰੀ ਦਫ਼ਤਰ ਖੁੱਲ੍ਹਣਗੇ। ਇਸ ਤੋਂ ਪਹਿਲਾਂ ਖਬਰ ਸੀ ਕਿਪੰਜਾਬ ਸਰਕਾਰ ਨੇ ਕੇਂਦਰ ਦੀਆਂ ਗਾਈਡਲਾਈਨ ਦੇ ਆਧਾਰ ਉਤੇ ਰੇਤ ਦੀ ਮਾਈਨਿੰਗ ਤੇ ਸਟੋਨ ਕ੍ਰੈਸ਼ਰ ਚਾਲੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਏਸੀ, ਕੂਲਰ, ਪੱਖੇ ਦੀਆਂ ਦੁਕਾਨਾਂ ਖੁੱਲਣਗੀਆ। ਇਸ ਤੋਂ ਇਲਾਵਾ ਕਿਤਾਬ ਵਿਕਰੇਤਾਵਾਂ ਨੂੰ ਵੀ ਦੁਕਾਨ ਖੁੱਲ੍ਹਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ। ਪੰਜਾਬ ਵਿਚ ਹਾਈਵੇ ‘ਤੇ ਢਾਬੇ ਖੁੱਲਣਗੇ। ਪਰ ਹੁਣ ਸੂਬਾ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਵਿਚ ਇਹ ਰਿਆਇਤਾਂ ਨਹੀਂ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *