ਆਨਲਾਈਨ ਪੜ੍ਹਾਈ ਕਰਵਾਉਣ ਵਾਲੇ ਸਕੂਲ ਹੀ ਲੈ ਸਕਣਗੇ ਸਿਰਫ਼ ਟਿਊਸ਼ਨ ਫ਼ੀਸ

ਹੁਣ ਸਕੂਲ ਟਿਊਸ਼ਨ ਫ਼ੀਸ ਤੋਂ ਬਿਨਾਂ ਨਹੀਂ ਲੈਣ ਸਕਣਗੇ ਕੋਈ ਹੋਰ ਫੀਸ

ਚੰਡੀਗੜ੍ਹ : ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰ ਰਹੇ ਸਕੂਲਾਂ ਨੂੰ ਲੌਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫ਼ੀਸ ਲੈਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਵਿਦਿਆਰਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ ਕਿਸੇ ਵੀ ਤਰੀਕੇ ਨਾਲ ਹੋਰ ਕੋਈ ਖ਼ਰਚਾ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਦੇਸ਼ ਵਿਆਪੀ ਸੰਕਟ ਦੇ ਮੱਦੇਨਜ਼ਰ ਅਕਾਦਮਿਕ ਸੈਸ਼ਨ ਦੌਰਾਨ ਫੀਸ ਜਾਂ ਕਿਸੇ ਹੋਰ ਖ਼ਰਚਿਆਂ ਵਿੱਚ ਕਿਸੇ ਵੀ ਤਰਾਂ ਦੇ ਵਾਧੇ ਤੋਂ ਬਚਣਾ ਚਾਹੀਦਾ ਹੈ।

ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਦੇਸ਼ ਵਿਆਪੀ ਕਰਫਿਊ/ਲਾਕਡਾਊਨ ਦੌਰਾਨ ਵਿੱਤੀ ਗਤੀਵਿਧੀਆਂ ਬੇਹੱਦ ਘੱਟ ਗਈਆਂ ਹਨ। ਇਸ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅਸੀਂ ਆਦੇਸ਼ ਜਾਰੀ ਕਰ ਕੇ ਸਕੂਲਾਂ ਲਈ ਇਹ ਲਾਜ਼ਮੀ ਕੀਤਾ ਹੈ ਕਿ ਉਹ ਲੌਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈ ਸਕਣਗੇ।

ਸਰਕਾਰ ਦੇ ਹੁਕਮਾਂ ਵਿੱਚ ਸਪੱਸ਼ਟ ਹੈ ਕਿ ਜਿਹੜੇ ਸਕੂਲ ਆਨਲਾਈਨ ਕਲਾਸਾਂ ਲਾ ਰਹੇ ਹਨ, ਸਿਰਫ਼ ਉਹੀ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹੋਣਗੇ। ਜਿਹੜੇ ਸਕੂਲ ਆਨਲਾਈਨ ਕਲਾਸਾਂ ਨਹੀਂ ਲਾ ਰਹੇ, ਉਹ ਕੋਈ ਫੀਸ ਜਾਂ ਫੰਡ ਨਹੀਂ ਲੈ ਸਕਣਗੇ।

ਸ੍ਰੀ ਸਿੰਗਲਾ ਨੇ ਸਪੱਸ਼ਟ ਕਿਹਾ ਕਿ ਇਹ ਹੁਕਮ ਦਿੱਲੀ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਦਾ ਇਕੋ ਇਕ ਉਦੇਸ਼ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਸਕੂਲ ਟਿਊਸ਼ਨ ਫੀਸ ਤੋਂ ਇਲਾਵਾ ਕੋਈ ਟਰਾਂਸਪੋਰਟ ਫੀਸ, ਮੈੱਸ ਖ਼ਰਚਾ, ਇਮਾਰਤ ਖ਼ਰਚਾ ਜਾਂ ਕੋਈ ਵਾਧੂ ਖ਼ਰਚਾ ਨਾ ਲਵੇ।

ਉਨ੍ਹਾਂ ਇਹ ਵੀ ਆਦੇਸ਼ ਦਿੱਤਾ ਕਿ ਜੇ ਕੋਈ ਵਿਦਿਆਰਥੀ ਟਿਊਸ਼ਨ ਫ਼ੀਸ ਸਮੇਂ ਸਿਰ ਜਮ੍ਹਾਂ ਨਹੀਂ ਕਰਵਾਉਂਦਾ ਜਾਂ ਕਿਸੇ ਕਾਰਨ ਦੇਰੀ ਹੁੰਦੀ ਹੈ ਤਾਂ ਕੋਈ ਵੀ ਸਕੂਲ ਉਸ ਵਿਦਿਆਰਥੀ ਨੂੰ ਸਕੂਲੋਂ ਨਹੀਂ ਕੱਢੇਗਾ।

Leave a Reply

Your email address will not be published. Required fields are marked *