ਤਲਵੰਡੀ: ਆਨਲਾਈਨ ਕੰਪਨੀਆਂ ਵੱਲੋਂ ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਵੇਚੇ ਜਾਣ ਦੇ ਮਾਮਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਗੰਭੀਰਤਾ ਨਾਲ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਕੰਪਨੀਆਂ ਖਿਲਾਫ ਕਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਦਮਦਮਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਨਲਾਈਨ ਕੰਪਨੀਆਂ ਸਿੱਖ ਕੌਮ ਨੂੰ ਨਿਸ਼ਾਨਾ ਬਣ ਰਹੀਆਂ ਹਨ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਹੁਣ ਇਨ੍ਹਾਂ ਕੰਪਨੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਕੰਪਨੀਆਂ ਵੱਲੋਂ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਬਣ ਕੇ ਵੇਚਣਾ ਸਿੱਖ ਸਿਧਾਤਾਂ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਆਨਲਾਈਨ ਕੰਪਨੀਆਂ ਖਿਲ਼ਾਫ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕਿਸੇ ਦੀ ਹਰ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਹੋਵੇ।