31 ਮਾਰਚ,2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ।
ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022 ਤੋਂ ਪਹਿਲਾਂ ਪੰਜਾਬ ਰਾਜ ਵਿੱਚ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲੇ ਸਕੂਲਾਂ ਦੀ ਗਿਣਤੀ 3500 ਤੋਂ ਵੱਧ ਸੀ, ਜੋ ਕਿ ਹੁਣ ਘੱਟ ਕੇ 600 ਦੇ ਕਰੀਬ ਰਹਿ ਗਈ ਹੈ।
ਉਹਨਾਂ ਸਦਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਏਗਾ ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿੱਚ 31 ਮਾਰਚ,2024 ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ।
ਉਹਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਦੇਸ਼ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਜਿਸ ਬਾਰੇ ਪਿਛਲੇ 70 ਸਾਲਾਂ ਦੌਰਾਨ ਕਿਸੇ ਪਿਛਲੀ ਸਰਕਾਰ ਨੇ ਨਹੀਂ ਸੋਚਿਆ।
ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ ਵਿੱਚ ਕੁਝ ਨਾ ਕੁਝ ਨਵਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੇਰੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਨਾਨਗਰਾਂ ਸਕੂਲ ਨੂੰ 70 ਸਾਲ ਬਾਅਦ ਚਾਰ ਦੀਵਾਰੀ ਨਸੀਬ ਹੋਈ ਹੈ।
ਕੈਬਿਨੇਟ ਮੰਤਰੀ ਨੇ ਦੱਸਿਆ ਕਿ ਮੌਜੂਦ ਸਮੇਂ ਸਰਕਾਰੀ ਸਕੂਲਾਂ ਦੀ ਬਾਊਡਰੀਵਾਲ ਦੀ ਉਸਾਰੀ ਲਈ 323 ਕਰੋੜ ਰੱਖੇ ਗਏ ਸਨ, ਜਿਸ ਵਿੱਚੋਂ 290 ਕਰੋੜ ਖਰਚ ਹੋ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸੂਬੇ ਦੇ 7654 ਸਕੂਲਾਂ ਵਿੱਚ 1300 ਕਿਲੋਮੀਟਰ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ 10,000 ਨਵੇਂ ਕਮਰੇ ਬਣ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਸਕਿਊਰਟੀ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 31 ਮਾਰਚ,2024 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਾਈ-ਫ਼ਾਈ ਸਿਸਟਮ ਲੱਗ ਜਾਵੇਗਾ।
ਸ. ਬੈਂਸ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਬੰਗਾ ਸ਼ਹਿਰ ਵਿੱਚ ਜਲਦ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਮਿਆਰੀ ਸਿੱਖਿਆ ਤੱਕ ਹਰ ਇੱਕ ਦੀ ਪਹੁੰਚ ਕਰਨਾ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਤੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੀ ਵਰਦੀ ਡਿਜ਼ਾਈਨ ਕਰਵਾਈ ਗਈ ਹੈ, ਜਿਸ ਦੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸਿਫ਼ਤ ਕੀਤੀ ਜਾ ਰਹੀ ਹੈ।
One thought on “ ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ: ਹਰਜੋਤ ਸਿੰਘ ਬੈਂਸ ”